Monday, February 15, 2010

ਹਨੇਰਾ ਜਰੇਗਾ ਕਿਵੇਂ......

ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ
ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ
ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਏਥੇ ਖੜ੍ਹੇ ਰਹਿਣਗੇ

ਯਾਰ ਮੇਰੇ ਜੋ ਇਸ ਆਸ ਤੇ ਮਰ ਗਏ
ਕਿ ਮੈਂ ਉੱਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ

ਜੋ ਬਦੇਸ਼ਾਂ ‘ਚ ਰੁਲ਼ਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ

ਕੀ ਇਹ ਇਨਸਾਫ ਹਉਮੈ ਦੇ ਪੁੱਤ ਕਰਨਗੇ
ਕੀ ਇਹ ਖਾਮੋਸ਼ ਪੱਥਰ ਦੇ ਬੁੱਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣੇ ਸੂਰਜ ਚੜਣ ਲਹਿਣਗੇ

ਇਹ ਰੰਗਾਂ ‘ਚ ਚਿਤਰੇ ਨੇ ਖੁਰ ਜਾਣਗੇ
ਇਹ ਜੋ ਮਰਮਰ ‘ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ ਉਹੀ ਹਮੇਸ਼ਾ ਲਿਖੇ ਰਹਿਣਗੇ

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ ‘ਚ ਵੀ ਦੀਵੇ ਬੁਝੇ ਰਹਿਣਗੇ

ਸੁਰਜੀਤ ਪਾਤਰ

No comments: